ਕਰਨਵੀਰ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਕੇਂਦਰ ਸਰਕਾਰ ਵੱਲੋਂ ਮਾਨ ਦੇ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਿਰੁੱਧ ਦਾਇਰ ਪੰਜਾਬ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਹੋਣ ਵਾਲੇ ਕੌਮਾਂਤਰੀ ਫੂਡ ਮੇਲੇ ਵਿੱਚ ਸ਼ਿਰਕਤ ਕਰਨੀ ਦੀ ਮਨਜੂਰੀ ਦਿੱਤੀ ਹੈ। ਮਾਰਕਫੈੱਡ ਦੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰੀ ਵਫਦ ਦੀ ਅਗਵਾਈ ਕਰਨਗੇ।
ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਕੇਂਦਰੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਦੇ ਫਰਾਂਸ ਦੌਰੇ ਲਈ ਬਿਨਾ ਕਾਰਣ ਦੱਸੇ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। ਸਰਕਾਰ ਮੁਤਾਬਕ, ਦੌਰੇ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਸਨ ਅਤੇ ਇਸ ਯਾਤਰਾ ਦਾ ਮਕਸਦ ਕੌਮਾਂਤਰੀ ਪੱਧਰ ਤੇ ਮਾਰਕਫੈੱਡ ਦੇ ਉਤਪਾਦਾਂ ਨੂੰ ਉਤਸ਼ਾਹਿਤ ਕਰਨਾ ਸੀ।
ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਸੀ ਹਵਾਲਾ
ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਦੌਰੇ ਦੀ ਮਨਜ਼ੂਰੀ ਦਾ ਵਿਰੋਧ ਕਰਦਿਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਹਵਾਲਾ ਦਿੱਤਾ। ਕੇਂਦਰ ਵੱਲੋਂ ਕਿਹਾ ਗਿਆ ਕਿ ਖੁਫ਼ੀਆ ਜਾਣਕਾਰੀਆਂ ਮੁਤਾਬਕ ਵਿਦੇਸ਼ਾਂ ਵਿੱਚ ਸਰਗਰਮ ਕੱਟੜਪੰਥੀ ਗਰੁੱਪਾਂ ਵੱਲੋਂ ਮੁੱਖ ਮੰਤਰੀ ਨੂੰ ਖ਼ਤਰਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਵੱਡੀ ਭੀੜ ਵਾਲੇ ਕੌਮਾਂਤਰੀ ਸਮਾਗਮ ਵਿੱਚ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਵਿੱਚ ਵੀ ਮੁਸ਼ਕਿਲਾਂ ਆ ਸਕਦੀਆਂ ਹਨ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰ ਲਈ ਤੇ ਫ਼ੈਸਲਾ ਪੰਜਾਬ ਸਰਕਾਰ ਦੇ ਹੱਕ ਵਿੱਚ ਹੱਲ ਹੋਇਆ ਹੈ।