ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ 1400 ਗ੍ਰਾਮ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਨੇ ਦੀਵਾਲੀ ਦੀ ਰਾਤ ਖ਼ੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਪ੍ਰਤਾਪ ਸਿੰਘ ਨਾਂ ਦੇ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਝਗੜੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚਿਆ ਪੰਜਾਬ ਪੁਲਿਸ ਦਾ ਏਐਸਆਈ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਵਾਰਦਾਤ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਸ ਵਿਵਾਦ ਦੀ ਜੜ੍ਹ ਦੋਵਾਂ ਧਿਰਾਂ ਵਿਚਾਲੇ ਹੋਇਆ ਸੋਨੇ ਦਾ ਲੈਣ-ਦੇਣ ਹੈ। ਏਸੀਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਪਾਸਿਆਂ ਦੇ ਲੋਕ ਪਹਿਲਾਂ ਇੱਕ-ਦੂਜੇ ਦੇ ਦੋਸਤ ਸਨ ਅਤੇ ਦੋਵਾਂ ਧਿਰਾਂ ਵਿੱਚ ਦੋ-ਦੋ ਭਰਾ ਸ਼ਾਮਲ ਸਨ। ਕਰੀਬ 1400 ਗ੍ਰਾਮ ਸੋਨੇ ਦੀ ਵਾਪਸੀ ਨੂੰ ਲੈ ਕੇ ਉਨ੍ਹਾਂ ਵਿਚਕਾਰ ਲੰਮੇ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਮਾਮਲਾ ਸੁਲਝਾਉਣ ਲਈ ਵਿਚੋਲਗੀ ਵੀ ਕੀਤੀ, ਪਰ ਦੋਵਾਂ ਪਾਸਿਆਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ।
ਇਹ ਵੀ ਪੜ੍ਹੋ :- ਲੁਧਿਆਣਾ ‘ਚ ਦੀਵਾਲੀ ਦੀ ਰਾਤ 5 ਸਾਲਾ ਬੱਚੇ ਨੂੰ ਲੱਗੀ ਗੋਲੀ
ਸ਼ਿਕਾਇਤ ਮਿਲਣ ਮਗਰੋਂ ਮੌਕੇ ਤੇ ਪਹੁੰਚੀ ਪੁਲਿਸ
ਦੀਵਾਲੀ ਦੀ ਰਾਤ ਵਿਵਾਦ ਨੇ ਮੁੜ ਤੂਲ ਫੜ ਲਿਆ ਅਤੇ ਇੱਕ ਧਿਰ ਨੇ ਪੁਲਿਸ ਨੂੰ ਸੂਚਿਤ ਕੀਤਾ। ਸ਼ਿਕਾਇਤ ਦੇ ਆਧਾਰ ‘ਤੇ ਏਐਸਆਈ ਆਪਣੀ ਟੀਮ ਅਤੇ ਸੀਨੀਅਰ ਕਾਂਸਟੇਬਲ ਸਾਹਿਬ ਸਿੰਘ ਸਮੇਤ ਮੌਕੇ ‘ਤੇ ਪਹੁੰਚਿਆ। ਪੁਲਿਸ ਅਧਿਕਾਰੀਆਂ ਅਨੁਸਾਰ ਇਸੇ ਦੌਰਾਨ ਇੱਕ ਨੌਜਵਾਨ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਗੋਲੀਆਂ ਦੀ ਲਪੇਟ ਵਿੱਚ ਆਉਣ ਕਾਰਨ ਪ੍ਰਤਾਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ।
ਇਸੇ ਦੌਰਾਨ ਫਾਇਰਿੰਗ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਏਐਸਆਈ ਨੂੰ ਵੀ ਗੋਲੀ ਲੱਗ ਗਈ। ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਕਤਲ ਅਤੇ ਜਾਨਲੇਵਾ ਹਮਲੇ ਦਾ ਮਾਮਲਾ ਦਰਜ
ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੇ ਹੋਰ ਮੁਲਾਜ਼ਮ ਵੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ। ਪ੍ਰਤਾਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਨੇ ਕਤਲ ਅਤੇ ਜਾਨਲੇਵਾ ਹਮਲੇ ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਏਸੀਪੀ ਰਵਿੰਦਰ ਪਾਲ ਸਿੰਘ ਮੁਤਾਬਕ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।