ਚੰਡੀਗੜ੍ਹ :- ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਬ੍ਰਿਜ ਨੇੜੇ ਬੇਕਾਬੂ ਹੋਈ ਬੱਸ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਇਸ ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 24 ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਸਵੇਰੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਰਸਤੇ ਵਿੱਚ ਓਵਰਬ੍ਰਿਜ ਨੇੜੇ ਬੱਸ ਅਚਾਨਕ ਬੇਕਾਬੂ ਹੋ ਗਈ। ਪਹਿਲਾਂ ਇਹ ਪੁਲ ਨਾਲ ਟਕਰਾਈ ਅਤੇ ਫਿਰ ਸੜਕ ਤੋਂ ਹੇਠਾਂ ਖੇਤਾਂ ਵਿੱਚ ਜਾ ਪਲਟੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਰਾਹਗੀਰਾਂ ਨੇ ਵੀ ਬਚਾਅ ਕਾਰਜਾਂ ਵਿੱਚ ਮਦਦ ਕੀਤੀ ਅਤੇ ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ।
10 ਗੰਭੀਰ ਜ਼ਖ਼ਮੀ ਪਟਿਆਲਾ ਰੈਫ਼ਰ
ਸਿਵਲ ਹਸਪਤਾਲ ਸੰਗਰੂਰ ਦੇ ਐੱਸਐੱਮਓ ਡਾ. ਵਿਨੋਦ ਕੁਮਾਰ ਅਨੁਸਾਰ ਹਾਦਸੇ ਤੋਂ ਬਾਅਦ ਜਦੋਂ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀਆਂ ਲਾਸ਼ਾਂ ਮੁਰਦਾਘਰ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ 108 ਐਂਬੂਲੈਂਸ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਬਾਕੀ 11 ਜ਼ਖ਼ਮੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਜਾਰੀ ਹੈ।
ਤੇਜ਼ ਰਫ਼ਤਾਰ ਕਾਰਨ ਹਾਦਸਾ ਹੋਣ ਦਾ ਖ਼ਦਸ਼ਾ
ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਮੁਤਾਬਕ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਜਤਾਇਆ ਦੁੱਖ, ਮੁਫ਼ਤ ਇਲਾਜ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਤਿੰਨ ਕੀਮਤੀ ਜਾਨਾਂ ਚਲੀਆਂ ਗਈਆਂ ਹਨ, ਜਦਕਿ 24 ਜ਼ਖ਼ਮੀਆਂ ਵਿੱਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।