ਚੰਡੀਗੜ੍ਹ :- ਪੰਜਾਬ ਵਿੱਚ ਭਾਜਪਾ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਪਰਾਗਪੁਰ ਨੇੜੇ ਲਿਲੀ ਰਿਜ਼ੌਰਟਸ ਨਾਲ ਲੱਗਦੀ ਥਾਂ ’ਤੇ ਹੋਵੇਗੀ। ਇਸ ਸਬੰਧੀ ਭਾਜਪਾ ਕਿਸਾਨ ਮੋਰਚਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜਾਇਬ ਸਿੰਘ ਜਖਵਾਲੀ ਨੇ ਆਪਣੇ ਪਿੰਡ ਜਖਵਾਲੀ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਹੈ।
ਅਜਾਇਬ ਸਿੰਘ ਜਖਵਾਲੀ ਨੇ ਕਿਹਾ ਕਿ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਜਲੰਧਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਤਿਆਰੀਆਂ ਚੱਲ ਰਹੀਆਂ ਹਨ। ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ 18 ਸਤੰਬਰ ਤੋਂ ਚਾਰ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਪਾਰਟੀ ਮੁਤਾਬਕ ਇਹ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਣਗੀਆਂ ਅਤੇ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਣਗੀਆਂ।
