ਅੰਮ੍ਰਿਤਸਰ :- ਅੰਮ੍ਰਿਤਸਰ ਦੇ ਤਰਨਤਾਰਨ ਰੋਡ ਇਲਾਕੇ ਵਿੱਚ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੇਰ ਰਾਤ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਅਤੇ ਉਸਾਰੀ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਪਹਿਲਾਂ ਕਰੀਬ 25 ਰਾਊਂਡ ਫਾਇਰ ਕੀਤੇ ਅਤੇ ਫਿਰ ਜੇਸੀਬੀ ਮਸ਼ੀਨ ਦੀ ਮਦਦ ਨਾਲ ਜ਼ਮੀਨ ’ਤੇ ਨਵਾਂ ਪਾਇਆ ਲੈਂਟਰ ਢਾਹ ਦਿੱਤਾ। ਵਾਰਦਾਤ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹੈਰਾਨੀਜਨਕ ਗੱਲ ਇਹ ਰਹੀ ਕਿ ਘਟਨਾ ਸਥਾਨ ਤੋਂ ਕੁਝ ਮੀਟਰ ਦੀ ਦੂਰੀ ’ਤੇ ਨੀਮ ਫ਼ੌਜੀ ਬਲਾਂ ਦੇ ਜਵਾਨ ਤਾਇਨਾਤ ਸਨ, ਫਿਰ ਵੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।
ਸੀਸੀਟੀਵੀ ਵਿੱਚ ਕੈਦ ਹੋਈ ਹਮਲਾਵਰਾਂ ਦੀ ਕਾਰਵਾਈ
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਗੱਡੀ ਵਿੱਚੋਂ ਪਿਸਤੌਲ ਲੈ ਕੇ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਇਲਾਕੇ ਵਿੱਚ ਗੋਲੀਬਾਰੀ ਹੁੰਦੀ ਹੈ ਅਤੇ ਜੇਸੀਬੀ ਮਸ਼ੀਨ ਰਾਹੀਂ ਨਵੇਂ ਬਣੇ ਲੈਂਟਰ ਨੂੰ ਢਾਹ ਦਿੱਤਾ ਜਾਂਦਾ ਹੈ। ਫੁਟੇਜ ਵਿੱਚ ਕੈਦ ਹੋਈ ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।
ਮੌਕੇ ਤੋਂ ਮਿਲੇ 25 ਦੇ ਕਰੀਬ ਖੋਲ
ਗੋਲੀਆਂ ਦੀਆਂ ਆਵਾਜ਼ਾਂ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੂੰ ਘਟਨਾ ਸਥਾਨ ਤੋਂ 20 ਤੋਂ 25 ਦੇ ਕਰੀਬ ਖਾਲੀ ਕਾਰਤੂਸਾਂ ਦੇ ਖੋਲ ਮਿਲੇ ਹਨ। ਜਾਂਚ ਟੀਮ ਨੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲਈ ਹੈ।
ਹਮਲਾਵਰਾਂ ਦੀ ਪਛਾਣ ਕਰਨ ਵਿੱਚ ਜੁਟੀ ਪੁਲਸ
ਮੌਕੇ ਤੇ ਪਹੁੰਚੇ ਏਸੀਪੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।