ਪੰਜਾਬ – ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਿੱਧੀ ਦਿਲ ‘ਚ ਮਾਰੀ ਗੋਲੀ, ਫਿਰੌਤੀ ਦਾ ਮਾਮਲਾ

ਪੱਟੀ ਦੇ ਤੂਤ ਬੱਸ ਸਟੈਂਡ ਤੇ ਵਾਰਦਾਤ, ਮੋਟਰਸਾਈਕਲ ਤੇ ਆਏ 2 ਹਮਲਾਵਰਾਂ ਨੇ ਕੀਤੀ ਫਾਇਰਿੰਗ

ਅੰਮ੍ਰਿਤਸਰ :- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੂਤ ਬੱਸ ਸਟੈਂਡ ਤੇ ਵਾਪਰੀ। ਉਨ੍ਹਾਂ ਦੇ ਨਾਲ ਮੌਜੂਦ ਸਾਥੀ ਚਮਕੌਰ ਸਿੰਘ ਨੂੰ ਵੀ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਚਮਕੌਰ ਸਿੰਘ ਨੇ ਦੱਸਿਆ ਕਿ 2 ਵਿਅਕਤੀ ਮੋਟਰਸਾਈਕਲ ਤੇ ਆਏ ਸਨ ਜਿਨ੍ਹਾਂ ਨੇ ਫਾਇਰਿੰਗ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ।

ਦਿਲ ’ਚ ਲੱਗੀ ਗੋਲੀ, ਹਸਪਤਾਲ ’ਚ ਮੌਤ

ਗੋਲੀਆਂ ਲੱਗਣ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਅਸ਼ਵਨੀ ਕੁਮਾਰ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੱਟੀ ਦੇ ਡੀਐੱਸਪੀ ਰਵੀ ਸ਼ੇਰ ਸਿੰਘ ਮੁਤਾਬਕ ਅਸ਼ਵਨੀ ਕੁਮਾਰ ਨੂੰ 3 ਗੋਲੀਆਂ ਲੱਗੀਆਂ ਸਨ। ਇਨ੍ਹਾਂ ਵਿੱਚੋਂ ਇੱਕ ਗੋਲੀ ਦਿਲ ਵਿੱਚ ਲੱਗੀ, ਜਦਕਿ 2 ਹੋਰ ਗੋਲੀਆਂ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੀਆਂ।

ਫਿਰੌਤੀ ਦਾ ਦੱਸਿਆ ਜਾ ਰਿਹਾ ਮਾਮਲਾ

ਅਸ਼ਵਨੀ ਕੁਮਾਰ ਦੀ ਪਤਨੀ ਨੇ ਦਾਅਵਾ ਕੀਤਾ ਹੈ ਕਿ ਪਰਿਵਾਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ ਅਤੇ ਇਸ ਸਬੰਧੀ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ ਜਿਸਦੀ ਹੁਣ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਤੇ ਵਾਰਦਾਤ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਜਾਣਕਾਰੀ ਜੁਟਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਮਹੀਨੇ 4 ਅਕਤੂਬਰ ਨੂੰ ਲੁਧਿਆਣਾ ਵਿੱਚ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ ਦੀ ਵੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਤੇ ਕਰੀਬ 10 ਰਾਊਂਡ ਫਾਇਰ ਕੀਤੇ ਸਨ।

Leave a Comment