ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਹਿਰਾਸਤ ‘ਚ….

ਕਰਨਵੀਰ ਸਿੰਘ :- ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇੜੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ।
ਇਨ੍ਹਾਂ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਬਲਤੇਜ ਪੁਨੀਆ ਅਤੇ ਸੋਨੀਆ ਮਾਨ ਵੀ ਸ਼ਾਮਲ ਹਨ।
ਜਿਕਰਯੋਗ ਹੈ ਕਿ ਗਿਆਣੇਸ਼ ਕੁਮਾਰ ਵਿਰੁੱਧ ਦਿੱਲੀ ਵਿਚ ਵੀ ਅੱਜ ਪ੍ਰਦਰਸ਼ਨ ਦੇਖਣ ਨੂੰ ਮਿਲਿਆ।

ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਤੇ ਲਾਏ ਦੋਸ਼

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਸਿਸੋਦੀਆ ਨੇ ਕਿਹਾ, “ਐਮਰਜੈਂਸੀ ਦੌਰਾਨ ਵੀ ਅਜਿਹੀ ਸਥਿਤੀ ਦੇਖਣ ਨੂੰ ਨਹੀਂ ਮਿਲੀ ਸੀ।” ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਪੁਲਸ ਬਲ ਤਾਇਨਾਤ ਕਰਕੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ, ਹੋ ਮੰਦਭਾਗਾ ਹੈ।

ਉਨ੍ਹਾਂ ਕਿਹਾ, “ਮੋਦੀ ਡਰੇ ਹੋਏ ਹਨ ਕਿ ਜੇਕਰ ਪ੍ਰਦਰਸ਼ਨਕਾਰੀ ਜੰਤਰ-ਮੰਤਰ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਏ ਤਾਂ ਧਰਮਿੰਦਰ ਪ੍ਰਧਾਨ ਵਾਂਗ ਗਿਆਨੇਸ਼ ਕੁਮਾਰ ਨੂੰ ਵੀ ਅਹੁਦਾ ਛੱਡਣਾ ਪੈ ਸਕਦਾ ਹੈ।”

ਸਿਸੋਦੀਆ ਨੇ ਕਿਹਾ ‘ਆਪ’ ਜੰਤਰ-ਮੰਤਰ ਤੇ ਪ੍ਰਦਰਸ਼ਨ ਕਰਨ ਦੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੱਦੇ ਦਾ ਪੂਰਾ ਸਮਰਥਨ ਕਰਦੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ, ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੇ ਕੇਂਦਰ ਸਰਕਾਰ ਨੂੰ ਘੇਰਿਆ ਤੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੌਜਵਾਨਾਂ ਨੂੰ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰਨ ਤੋਂ ਰੋਕ ਰਹੀ ਹੈ।

ਚੀਮਾ ਨੇ ਕਿਹਾ, “ਜਦੋਂ ਨੌਜਵਾਨ ਪ੍ਰਦਰਸ਼ਨ ਕਰਨ ਲਈ ਦਿੱਲੀ ਆ ਰਹੇ ਸਨ ਤਾਂ ਭਾਜਪਾ ਉਨ੍ਹਾਂ ਨੂੰ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰਨ ਤੋਂ ਵਾਂਝਾ ਕਰ ਰਹੀ ਸੀ।”

ਕੀ ਹੈ ਪੂਰਾ ਮਾਮਲਾ?

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਦੌਰਾਨ ਕਥਿਤ ਬੇਨਿਯਮੀਆਂ ਅਤੇ ਵੋਟਰ ਰਜਿਸਟ੍ਰੇਸ਼ਨ ਲਈ ਵਰਤੇ ਜਾਂਦੇ ਫਾਰਮ-6 ਨਾਲ ਸਬੰਧਤ ਤਬਦੀਲੀਆਂ ਦੇ ਵਿਰੋਧ ਵਿੱਚ ਦਿੱਲੀ ਦੇ ਜੰਤਰ-ਮੰਤਰ ਤੇ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ। ਇਸੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਆ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ।

ਮਨੀਸ਼ ਸਿਸੋਦੀਆ ਦਾ ਦਾਅਵਾ ਹੈ ਕਿ ਵਿਸ਼ੇਸ਼ ਸੋਧ ਦੀ ਪ੍ਰਕਿਰਿਆ ਦੌਰਾਨ ਵੋਟਰ ਸੂਚੀਆਂ ਵਿੱਚੋਂ 13 ਕਰੋੜ ਵੋਟਰਾਂ ਦੇ ਨਾਮ ਹਟਾਏ ਗਏ ਹਨ। ਉਨ੍ਹਾਂ ਦੋਸ਼ ਲਾਇਆ, “ਮੋਦੀ ਚੋਣਾਂ ਨਹੀਂ ਜਿੱਤਦੇ, ਸਗੋਂ ਵੋਟਾਂ ਚੋਰੀ ਕਰਦੇ ਹਨ।”

ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ ਨੇ ਇਹ ਪ੍ਰਦਰਸ਼ਨ ਵੋਟਰ ਸੂਚੀਆਂ ਵਿੱਚੋਂ ਕਥਿਤ ਤੌਰ ਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਮ ਹਟਾਏ ਜਾਣ ਦੇ ਵਿਰੋਧ ਵਿੱਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ‘ਵੋਟ ਚੋਰ ਗੱਦੀ ਛੋੜ’ ਅਤੇ ‘ਲੋਕਤੰਤਰ ਬਚਾਓ’ ਵਰਗੇ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਪ੍ਰਦਰਸ਼ਨ ਦੇ ਮੱਦੇਨਜ਼ਰ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਬੈਰੀਕੇਡ ਲਗਾਏ ਗਏ।

Leave a Comment