ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ ਫ਼ੈਸਲਾ; ਗੁਰਬਾਣੀ ਦੀ ਕਥਾ ਦੌਰਾਨ ਕਥਿਤ ਤੌਰ ਤੇ ਮਰਿਆਦਾ ਵਿਰੁੱਧ ਟਿੱਪਣੀਆਂ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਤੇ ਹੋਈ ਕਾਰਵਾਈ
ਕਰਨਵੀਰ ਸਿੰਘ :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕਥਾਵਾਚਕ ਜੀਵਨ ਸਿੰਘ ਬਗੀਚੀਵਾਲਾ ਦੇ ਮਾਮਲੇ ਤੇ ਸੁਣਵਾਈ ਹੋਈ। ਇਕੱਤਰਤਾ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਣਕਾਰੀ ਦਿੱਤੀ ਕਿ ਜੀਵਨ ਸਿੰਘ ਬਗੀਚੀਵਾਲਾ ਵੱਲੋਂ ਗੁਰਬਾਣੀ ਦੀ ਕਥਾ ਦੌਰਾਨ ਕਥਿਤ ਤੌਰ ਤੇ ਮਰਿਆਦਾ ਦੇ ਉਲਟ ਟਿੱਪਣੀਆਂ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਨ੍ਹਾਂ ਦੇ ਪ੍ਰਚਾਰ ਅਤੇ ਕੀਰਤਨ ਕਰਨ ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸਤੋਂ ਅਲਾਵਾ ਵੀ ਕਈ ਅਹਿਮ ਪੰਥਕ ਮਸਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਥਾਵਾਚਕ ਜੀਵਨ ਸਿੰਘ ਬਗੀਚੀਵਾਲਾ ਦੇ ਮਾਮਲੇ ਤੋਂ ਇਲਾਵਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦੇਣ ਦੇ ਫ਼ੈਸਲੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ
ਇਕੱਤਰਤਾ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਤੇ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਾਵਨ ਸਰੂਪਾਂ ਦੀ ਉਪਲਬਧਤਾ ਬਾਰੇ ਵੀ ਵਿਚਾਰ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਪ੍ਰਬੰਧ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਾ ਰਿਕਾਰਡ ਰੱਖ ਕੇ ਪਾਵਨ ਸਰੂਪ ਮੁਹੱਈਆ ਕਰਵਾਉਣ ਦੀ ਵਿਵਸਥਾ ਸੁਚਾਰੂ ਬਣਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਬੰਗਲਾ ਸਾਹਿਬ ਨਾਲ ਸਬੰਧਤ ਪੁਲਿਸ ਮਾਮਲੇ ਅਤੇ ਹੋਰ ਪੰਥਕ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।