ਚੋਣਾਂ ਨੇੜੇ ਆਉਂਦਿਆਂ ਈਡੀ-ਸੀਬੀਆਈ ਦੀ ਸਰਗਰਮੀ ਤੇ ਅਮਨ ਅਰੋੜਾ ਨੇ ਚੁੱਕੇ ਸਵਾਲ

ਚੋਣਾਂ ਨੇੜੇ ਆਉਂਦਿਆਂ ਈਡੀ-ਸੀਬੀਆਈ ਦੀ ਸਰਗਰਮੀ ਤੇ ਅਮਨ ਅਰੋੜਾ ਨੇ ਚੁੱਕੇ ਸਵਾਲ

ਚੰਡੀਗੜ੍ਹ, 25 ਸਤੰਬਰ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਚੋਣਾਂ ਤੋਂ ਠੀਕ ਪਹਿਲਾਂ ਈਡੀ ਅਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦੀ ਸਰਗਰਮੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਜਾਂਚ ਏਜੰਸੀਆਂ ਸਰਗਰਮ ਹੋ ਜਾਂਦੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਕਾਰਵਾਈ ਦੀ ਟਾਈਮਿੰਗ ਨੂੰ ਲੈ ਕੇ ਸਵਾਲ ਖੜ੍ਹੇ ਹੁੰਦੇ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਡਰਾਉਣ ਜਾਂ ਉਨ੍ਹਾਂ ’ਤੇ ਦਬਾਅ ਬਣਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਵਾਰ ਇਹ ਏਜੰਸੀਆਂ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ ’ਤੇ ਕੰਮ ਕਰਦੀਆਂ ਦਿਖਾਈ ਦਿੰਦੀਆਂ ਹਨ। ਕਾਂਗਰਸ ਵੱਲੋਂ ਵਿਰੋਧੀਆਂ ਖ਼ਿਲਾਫ਼ ਈਡੀ ਦੀ ਕਾਰਵਾਈ ਦਾ ਸਵਾਗਤ ਕੀਤੇ ਜਾਣ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਅੱਜ ਜੋ ਲੋਕ ਅਜਿਹੀ ਕਾਰਵਾਈ ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਨੂੰ ਇਹੀ ਏਜੰਸੀ ਉਨ੍ਹਾਂ ਦੇ ਦਰਵਾਜ਼ੇ ਤੱਕ ਵੀ ਪਹੁੰਚ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨਾਲ ਸਬੰਧਤ ਮਾਮਲੇ ਅਤੇ ਸੰਮਨ ਵੀ ਪੈਂਡਿੰਗ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਿੱਤਾਂ ਲਈ ਕੀਤੀ ਜਾ ਰਹੀ ਹੈ।

ਜਾਂਚ ਏਜੰਸੀਆਂ ਦੀ ਕਾਰਵਾਈ ਅਤੇ ਲੰਬੀ ਹਿਰਾਸਤ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਮਹੀਨਿਆਂ ਜਾਂ ਸਾਲਾਂ ਤੱਕ ਹਿਰਾਸਤ ਵਿੱਚ ਰੱਖਿਆ ਜਾਂਦਾ ਹੈ ਅਤੇ ਬਾਅਦ ਵਿੱਚ ਉਹ ਬਰੀ ਹੋ ਜਾਂਦਾ ਹੈ ਤਾਂ ਉਸ ਦੇ ਹੋਏ ਨੁਕਸਾਨ ਦੀ ਭਰਪਾਈ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਲੰਘੇ ਹੋਏ ਸਾਲ ਵਾਪਸ ਨਹੀਂ ਆ ਸਕਦੇ। ਉਨ੍ਹਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਯੇਂਦਰ ਜੈਨ ਨਾਲ ਸਬੰਧਤ ਮਾਮਲਿਆਂ ਦਾ ਵੀ ਜ਼ਿਕਰ ਕੀਤਾ। ਭਾਜਪਾ ਦੀਆਂ ਰੈਲੀਆਂ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਜਿੰਨੀਆਂ ਮਰਜ਼ੀ ਰੈਲੀਆਂ ਕਰ ਲਵੇ ਜਾਂ ਸਿਆਸੀ ਗਤੀਵਿਧੀਆਂ ਕਰੇ, ਪਰ ਪੰਜਾਬ ਦੇ ਲੋਕ ਇਨ੍ਹਾਂ ਵੱਲ ਧਿਆਨ ਨਹੀਂ ਦੇਣਗੇ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਵਿੱਚ ਆਪਣੀ ਸਿਆਸੀ ਸਥਿਤੀ ਬਾਰੇ ਦਿੱਤੇ ਬਿਆਨਾਂ ’ਤੇ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਪਣੀ ਸਥਿਤੀ ਅਤੇ ਨਿਰਾਸ਼ਾ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਹਮਦਰਦੀ ਹੈ ਅਤੇ ਉਹ ਉਨ੍ਹਾਂ ਲਈ ਸ਼ੁੱਭਕਾਮਨਾਵਾਂ ਦਿੰਦੇ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਸਕਦਾ ਹੈ ਤਾਂ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਪਾਰਟੀ ਵਿੱਚ ਕੋਈ ਚਰਚਾ ਨਹੀਂ ਹੋਈ ਹੈ।