ਕਰਨਵੀਰ ਸਿੰਘ :- ਪੰਜਾਬ ‘ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ਬਦੀ ਜੰਗ ਛਿੜ੍ਹੀ ਹੈ। ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਮੇਤ ਸੂਬੇ ਦੀਆਂ ਕੁਝ ਘਟਨਾਵਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੇ ਸਵਾਲ ਖੜੇ ਕੀਤੇ, ਜਿਸਦੇ ਜਵਾਬ ਵਿੱਚ ਭਗਵੰਤ ਮਾਨ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਅਤੇ ਗੁਜਰਾਤ ਦੇ ਕਾਂਡਲਾ ਬੰਦਰਗਾਹ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਦੋਸ਼ ਲਾਉਣ ਤੋਂ ਪਹਿਲਾਂ ਕੇਂਦਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਅਮਿਤ ਸ਼ਾਹ ਨੇ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ
ਅਮਿਤ ਸ਼ਾਹ ਨੇ ਆਪਣੇ ਅਧਿਕਾਰਿਤ ਟਵੀਟ ਵਿੱਚ ਲਿਖਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਦਰਮਿਆਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦਿਰਬਾ ਵਿੱਚ ਇੱਕ ਪਿਤਾ ਵੱਲੋਂ ਕਥਿਤ ਦਬਾਅ ਹੇਠ ਜ਼ਹਿਰ ਨਿਗਲਣ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕੀਤਾ।
ਸ਼ਾਹ ਨੇ ਦਾਅਵਾ ਕੀਤਾ ਕਿ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇੱਕ ਵਿਧਾਇਕ ਬਾਰੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਘਟਨਾਵਾਂ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਕਿਹਾ।
ਭਗਵੰਤ ਮਾਨ ਨੇ ਬੀਐੱਸਐੱਫ ਅਤੇ ਕਾਂਡਲਾ ਬੰਦਰਗਾਹ ਦਾ ਚੁੱਕਿਆ ਮੁੱਦਾ
ਅਮਿਤ ਸ਼ਾਹ ਦੇ ਬਿਆਨ ਤੇ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਵੀ ਟਵੀਟ ਵਿਚ ਕਿਹਾ “ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ-ਮਸ਼ਵਰਾ ਕਰ ਲੈਣਾ ਸੀ ਕਿ ਬੀਐੱਸਐੱਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਹੈ ਅਤੇ ਗੁਜਰਾਤ ਦੇ ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਨਸ਼ੀਲਾ ਪਦਾਰਥ ਫੜਿਆ ਜਾ ਰਿਹਾ ਹੈ।
ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਦੋਸ਼ ਲਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ। ਉਨ੍ਹਾਂ ਸ਼ਾਹ ਦੇ ਬਿਆਨ ’ਤੇ ਤੰਜ ਕੱਸਦਿਆਂ ਇਹ ਵੀ ਕਿਹਾ ਕਿ ਆਪਣੇ ਸਲਾਹਕਾਰਾਂ ਵੱਲੋਂ ਤਿਆਰ ਕੀਤੇ ਟਵੀਟ ਬਿਨਾਂ ਸੋਚੇ-ਸਮਝੇ ਕਾਪੀ ਕਰਕੇ ਸਾਂਝੇ ਨਹੀਂ ਕਰਨੇ ਚਾਹੀਦੇ।
ਦੋਵਾਂ ਆਗੂਆਂ ਦੇ ਬਿਆਨਾਂ ਨਾਲ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦਾ ਮੁੱਦਾ ਮੁੜ ਸਿਆਸੀ ਚਰਚਾ ਦੇ ਕੇਂਦਰ ਵਿੱਚ ਆ ਗਿਆ ਹੈ। ਜਿੱਥੇ ਸ਼ਾਹ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਮੰਗੀ ਹੈ, ਉੱਥੇ ਮਾਨ ਨੇ ਕੇਂਦਰ ਦੀ ਜ਼ਿੰਮੇਵਾਰੀ ਤੇ ਸਵਾਲ ਚੁੱਕੇ ਹਨ।