ਪਰਿਵਾਰ ਦੀ ਮੰਗ ਮੰਨੀ, CBI ਨੂੰ ਜਾਂਚ ਸੋਂਪੀ, ਨਸ਼ਾ ਤਸਕਰਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ; ਇਨਸਾਫ਼ ਲਈ ਕਈ ਦਿਨਾਂ ਤੋਂ ਚੱਲ ਰਿਹਾ ਹੈ ਸੰਘਰਸ਼
ਚੰਡੀਗੜ੍ਹ :- ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ ਕਿ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਝੋਟਾ ਦੇ ਪਿਤਾ ਅਤੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਸਰਕਾਰ ਇਹ ਮਾਮਲਾ ਸੀਬੀਆਈ (CBI) ਹਵਾਲੇ ਕਰ ਰਹੀ ਹੈ। ਉਨ੍ਹਾਂ ਪਰਿਵਾਰ ਨਾਲ ਹਰ ਸਮੇਂ ਡੱਟ ਕੇ ਖੜ੍ਹੇ ਰਹਿਣ ਦਾ ਭਰੋਸਾ ਵੀ ਦਿੱਤਾ ਹੈ।
ਇਹ ਵੀ ਪੜ੍ਹੋ :- ਮਾਨਸਾ ’ਚ ਪੁਲਸ ਮੁਲਾਜ਼ਮ ਨੇ ਆਪਣੇ ਪਰਿਵਾਰ ਤੇ ਚਲਾਈਆਂ ਗੋਲੀਆਂ, ਆਪ ਖ਼ੁਦਕੁਸ਼ੀ ਕੀਤੀ
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੁਨੇਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਰਕਾਰ ਲੋੜੀਂਦੇ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ। ਸੀਬੀਆਈ ਜਾਂਚ ਦੇ ਐਲਾਨ ਨਾਲ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ, ਕਿਉਂਕਿ ਪਰਿਵਾਰ ਲਗਾਤਾਰ CBI ਜਾਂਚ ਦੀ ਮੰਗ ਕਰ ਰਿਹਾ ਸੀ।
ਜਿਕਰਯੋਗ ਹੈ ਕਿ ਕਤਲ ਤੋਂ ਬਾਅਦ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਅਤੇ ਇਨਸਾਫ਼ ਮਿਲਣ ਤੱਕ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ :- ਪੰਜਾਬ ਸਰਕਾਰ ਦੀ ਐਕਸ਼ਨ ਕਮੇਟੀ ਨਾਲ ਪਹਿਲੀ ਮੀਟਿੰਗ ਬੇਨਤੀਜਾ, ਨਹੀਂ ਕਰਾਂਗੇ ਸੰਸਕਾਰ
ਐਕਸ਼ਨ ਕਮੇਟੀ ਤੇ ਪਰਿਵਾਰ ਦੀ ਪਹਿਲੀ ਮੀਟਿੰਗ ਅਸਫਲ
ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦੀ ਐਕਸ਼ਨ ਕਮੇਟੀ ਵਿਚਾਲੇ ਗੱਲਬਾਤ ਵੀ ਹੋਈ ਸੀ, ਪਰ ਪਹਿਲੀ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਪਰਿਵਾਰ ਅਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਸੀਬੀਆਈ ਜਾਂਚ ਤੋਂ ਇਲਾਵਾ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਸਮੇਤ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀਆਂ ਮੰਗਾਂ ਵੀ ਉਠਾਈਆਂ ਗਈਆਂ ਸਨ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਵੀ ਅਹਿਮ ਮੰਨਿਆ ਜਾ ਰਿਹਾ ਸੀ। ਝੋਟਾ ਦੇ ਪਿਤਾ ਭੀਮ ਸਿੰਘ ਨੇ ਉਨ੍ਹਾਂ ਕੋਲ ਵੀ ਸੀਬੀਆਈ ਜਾਂਚ ਦੀ ਮੰਗ ਰੱਖਣ ਦੀ ਗੱਲ ਕਹੀ ਸੀ। ਹੁਣ ਮੁੱਖ ਮੰਤਰੀ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਦੇ ਐਲਾਨ ਤੋਂ ਬਾਅਦ ਨਜ਼ਰ ਇਸ ਗੱਲ ਤੇ ਰਹੇਗੀ ਕਿ ਮਾਮਲੇ ਨੂੰ ਰਸਮੀ ਤੌਰ’ਤੇ ਕੇਂਦਰੀ ਏਜੰਸੀ ਹਵਾਲੇ ਕਰਨ ਦੀ ਪ੍ਰਕਿਰਿਆ ਕਦੋਂ ਪੂਰੀ ਹੁੰਦੀ ਹੈ ਅਤੇ ਪਰਿਵਾਰ ਦੀਆਂ ਬਾਕੀ ਮੰਗਾਂ ਤੇ ਸਰਕਾਰ ਕੀ ਕਦਮ ਚੁੱਕਦੀ ਹੈ।
ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ
ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਆਰ-ਪਾਰ ਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜੋ ਵੀ ਸਖ਼ਤ ਕਦਮ ਚੁੱਕਣੇ ਪਏ, ਸਰਕਾਰ ਪਿੱਛੇ ਨਹੀਂ ਹਟੇਗੀ। ਝੋਟਾ ਕਤਲ ਮਾਮਲੇ ਵਿੱਚ ਸੀਬੀਆਈ ਜਾਂਚ ਦਾ ਐਲਾਨ ਹੁਣ ਇਸ ਸੰਘਰਸ਼ ਦਾ ਅਹਿਮ ਪੜਾਅ ਹੈ।