ਅਮਿਤ ਸ਼ਾਹ ਨੇ ਬੁੱਧਵਾਰ ਦੁਪਹਿਰ 12 ਵਜੇ ਤੋਂ ਜਾਂਚ ਸ਼ੁਰੂ ਹੋਣ ਦਾ ਦਿੱਤਾ ਸੀ ਭਰੋਸਾ, ਪਰ ਅਧਿਕਾਰੀ ਰਾਤ ਨੂੰ ਹੀ ਪਹੁੰਚ ਗਏ | 120 ਦਿਨਾਂ ਵਿੱਚ ਜਾਂਚ ਮੁਕੰਮਲ ਕਰਨ ਦਾ ਟੀਚਾ
ਮਾਨਸਾ :- ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਨੇ ਰਫ਼ਤਾਰ ਫੜ ਲਈ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਹੀ ਮਾਨਸਾ ਵਿੱਖੇ ਹਾਜਰੀ ਭਰ ਦਿੱਤੀ ਹੈ। ਅਮਿਤ ਸ਼ਾਹ ਵੱਲੋਂ ਸੀਬੀਆਈ ਟੀਮ ਦੁਪਹਿਰ 12 ਵਜੇ ਦੇ ਕਰੀਬ ਮਾਨਸਾ ਭੇਜੀ ਜਾਣੀ ਸੀ, ਪਰ ਟੀਮ ਤੈਅ ਸਮੇਂ ਤੋਂ ਪਹਿਲਾਂ ਹੀ ਮਾਨਸਾ ਪਹੁੰਚ ਗਈ। ਮਾਮਲੇ ਦੀ ਜਾਂਚ 120 ਦਿਨਾਂ ਵਿੱਚ ਮੁਕੰਮਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੰਗਲਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਵਾਉਣ ਦਾ ਭਰੋਸਾ ਦਿੱਤਾ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਵੀ ਇਨਸਾਫ਼ ਮਿਲਣ ਦੀ ਉਮੀਦ ਜਤਾਈ ਸੀ। ਉਨ੍ਹਾਂ ਲੋਕਾਂ ਨੂੰ 24 ਘੰਟੇ ਉਡੀਕ ਕਰਨ ਦੀ ਅਪੀਲ ਕੀਤੀ ਸੀ। ਪਰਿਵਾਰ ਨੇ ਇਸ ਮਾਮਲੇ ਸਬੰਧੀ ਮੀਡੀਆ ਨਾਲ ਵਿਸਥਾਰ ਵਿੱਚ ਗੱਲਬਾਤ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਸੀ ਕਿ ਉਹ ਅਗਲੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਨ।
ਹੁਣ ਸੀਬੀਆਈ ਟੀਮ ਦੇ ਮਾਨਸਾ ਪਹੁੰਚਣ ਅਤੇ ਜਾਂਚ ਸ਼ੁਰੂ ਹੋਣ ਨਾਲ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਤੇ ਨਜ਼ਰ ਰਹੇਗੀ। ਪੁਲਸ ਅਧਿਕਾਰੀ ਮੁਤਾਬਕ ਸੀਬੀਆਈ ਨੇ ਮਾਨਸਾ ਵਿੱਖੇ ਹਾਜਰੀ ਭਰ ਦਿੱਤੀ ਹੈ ਤੇ ਅਗਲੀ ਕਾਰਵਾਈ ਲਈ ਲਿਖਤ ਹੁਕਮਾਂ ਦਾ ਇੰਤਜ਼ਾਰ ਹੈ, ਜਿਸਤੋਂ ਬਾਅਦ ਕੇਸ ਸੀਬੀਆਈ ਨੂੰ ਸੌਂਪਿਆ ਜਾਵੇਗਾ।