- 13 ਅਕਤੂਬਰ ਨੂੰ ਮਾਨਸਾ ਵਿੱਚ ਹੋਏ ਕਤਲ ਬਾਰੇ ਤੱਥਾਂ ਸਣੇ ਜਾਣਕਾਰੀ ਦੇਣ ਲਈ ਕਿਹਾ
- ਕਤਲ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਵੀ ਪੱਤਰ ਵਿੱਚ ਜ਼ਿਕਰ
- ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਵੀ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
- ਪੰਜਾਬ ਦੇ ਡੀਜੀਪੀ ਨੂੰ ਵੀ ਭੇਜੀ ਪੱਤਰ ਦੀ ਕਾਪੀ
ਚੰਡੀਗੜ੍ਹ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਕੇਂਦਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਤਲ ਦੀ ਘਟਨਾ ਦੇ ਤੱਥਾਂ ਅਤੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ ਝੋਟਾ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਭਾਰਤ ਸਰਕਾਰ ਦੇ ਵੱਲੋਂ ਭੇਜੇ ਗਏ ਪੱਤਰ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਖੁੱਲ੍ਹੇਆਮ ਵਿਕਰੀ ਅਤੇ ਇਨ੍ਹਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ, ਇਹਨਾ ਸਾਰੇ ਮਸਲਿਆਂ ਸੰਬੰਧੀ ਕੇਂਦਰ ਨੇ ਪੰਜਾਬ ਸਰਕਾਰ ਤੋਂ ਤੱਥਾਂ ਤੇ ਆਧਾਰਿਤ ਰਿਪੋਰਟ ਦੇਣ ਅਤੇ ਇਸ ਮਾਮਲੇ ਵਿੱਚ ਚੁੱਕੇ ਗਏ ਕਦਮਾਂ ਦਾ ਵੇਰਵਾ ਭੇਜਣ ਲਈ ਕਿਹਾ ਗਿਆ ਹੈ।
ਪੱਤਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਵੱਲੋਂ 10 ਅਗਸਤ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਸਾਂਝੇ ਕੀਤੇ ਗਏ ‘ਨਸ਼ਾ ਕੰਟਰੋਲ ਵਿਜ਼ਨ ਦਸਤਾਵੇਜ਼ (2026-2029)’ ਦਾ ਵੀ ਹਵਾਲਾ ਦਿੱਤਾ ਗਿਆ ਹੈ। ਇਸ ਦਸਤਾਵੇਜ਼ ਵਿੱਚ ਨਸ਼ਾ ਮੁਕਤ ਭਾਰਤ ਦੇ ਟੀਚੇ ਨੂੰ ਪੂਰਾ ਕਰਨ ਲਈ ਕਈ ਕਦਮ ਤੈਅ ਕੀਤੇ ਗਏ ਹਨ। ਇਨ੍ਹਾਂ ਵਿੱਚ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਨੂੰ ਮਜ਼ਬੂਤ ਕਰਨਾ, ਨਸ਼ਾ ਤਸਕਰੀ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਜਾਂਚ, ਮੁਕੱਦਮਿਆਂ ਦੀ ਪੈਰਵੀ ਨੂੰ ਮਜ਼ਬੂਤ ਕਰਨਾ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨਾ ਸ਼ਾਮਲ ਹੈ।
ਕੇਂਦਰ ਸਰਕਾਰ ਨੇ ਪੰਜਾਬ ਤੋਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਨਸ਼ਿਆਂ ਵਿਰੁੱਧ ਕਾਰਵਾਈ ਲਈ ਉਪਰੋਕਤ ਦਸਤਾਵੇਜ਼ ਵਿੱਚ ਦੱਸੇ ਗਏ ਕਦਮਾਂ ਤੇ ਸੂਬੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਪੱਤਰ ਦੀ ਕਾਪੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਵੀ ਭੇਜੀ ਗਈ ਹੈ।