ਦਿਲਜੀਤ ਦੋਸਾਂਝ, ਪਰਵਿੰਦਰ ਝੋਟਾ ਦੇ ਹੱਕ ‘ਚ ਖੜ੍ਹੇ, ਇਨਸਾਫ਼ ਲਈ ਪੰਜਾਬੀ ਕਲਾਕਾਰਾਂ ਦਾ ਭਰਵਾਂ ਹੁੰਗਾਰਾ

ਚੰਡੀਗੜ੍ਹ :- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਆਪਣੀ ਆਵਾਜ਼ ਚੁੱਕੀ ਹੈ। ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਝੋਟਾ ਲਈ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਨੂੰ ਸਮਰਥਨ ਦਿੱਤਾ ਹੈ। ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਦਿਲਜੀਤ ਨੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਦਿਲਜੀਤ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਕਹਿ ਕੇ ਸੰਬੋਧਨ ਕੀਤਾ ਹੈ। ਇਨ੍ਹਾਂ ਲਿਖਿਆ….“ਸ਼ਹੀਦ ਪਰਵਿੰਦਰ ਸਿੰਘ, ਸਮੁੱਚਾ ਪੰਜਾਬ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ, ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ।”

ਪੰਜਾਬ ਦੇ ਹੋਰ ਵੀ ਕਲਾਕਾਰਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਸਮੱਰਥਨ ਕੀਤਾ

  • ਬੱਬੂ ਮਾਨ ਨੇ ਮੰਚ ਤੋਂ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ
  • ਨੀਰੂ ਬਾਜਵਾ ਨੇ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕਣ ਦਾ ਐਲਾਨ ਕੀਤਾ
  • ਰਣਜੀਤ ਬਾਵਾ, ਜੀ ਖ਼ਾਨ ਅਤੇ ਦਿ ਗ੍ਰੇਟ ਖਲੀ ਨੇ ਵੀ ਮੁਹਿੰਮ ਨੂੰ ਸਮਰਥਨ ਦਿੱਤਾ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਗਾਤਾਰ ਤੇਜ਼ ਹੋ ਰਹੀ ਹੈ। ਪੰਜਾਬੀ ਕਲਾਕਾਰਾਂ, ਧਾਰਮਿਕ ਸ਼ਖ਼ਸੀਅਤਾਂ, ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਮਾਮਲੇ ਤੇ ਆਵਾਜ਼ ਚੁੱਕੀ ਹੈ। ਕਈ ਹਸਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਸਮਰਥਨ ਦਿੱਤਾ, ਜਦਕਿ ਕੁਝ ਨੇ ਜਨਤਕ ਤੌਰ ਤੇ ਆਪਣਾ ਪੱਖ ਰੱਖਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਇਨਸਾਫ਼ ਦੀ ਮੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਚਰਚਾ ਤੇਜ਼ ਹੋਈ ਹੈ ਤੇ ਮਾਮਲਾ ਹਾਲੇ ਤੱਕ ਸ਼ਾਂਤ ਨਹੀਂ ਹੋਹੋਇਆ।

ਬੱਬੂ ਮਾਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ

ਗਾਇਕ ਬੱਬੂ ਮਾਨ ਨੇ ਇੱਕ ਲਾਈਵ ਸਟੇਜ ਪ੍ਰੋਗਰਾਮ ਦੌਰਾਨ ਇਸ ਮਾਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਵੀ ਕੀਤੀ।

ਨੀਰੂ ਬਾਜਵਾ ਨੇ ਫ਼ਿਲਮ ਦੀ ਸਕ੍ਰੀਨਿੰਗ ਬਾਰੇ ਕੀਤਾ ਐਲਾਨ

ਅਦਾਕਾਰਾ ਨੀਰੂ ਬਾਜਵਾ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਦਾ ਸਮਰਥਨ ਕੀਤਾ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੁੰਦੇ ਅਤੇ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦੀ ਟੀਮ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਕਿਸੇ ਵੀ ਸਿਨੇਮਾ ਘਰ ਵਿੱਚ ਨਹੀਂ ਕਰੇਗੀ।

ਰਣਜੀਤ ਬਾਵਾ ਨੇ ਕਿਹਾ, ਉਹ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ

ਗਾਇਕ ਰਣਜੀਤ ਬਾਵਾ ਨੇ ਵੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਨਸਾਫ਼ ਦੀ ਮੰਗ ਦਾ ਸਮਰਥਨ ਕੀਤਾ। ਇਸ ਮੁੱਦੇ ’ਤੇ ਭਾਨਾ ਸਿੱਧੂ ਨਾਲ ਸੋਸ਼ਲ ਮੀਡੀਆ ’ਤੇ ਹੋਈ ਬਹਿਸ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ, ਕਿਸੇ ਸਰਕਾਰ ਦੇ ਨਾਲ ਨਹੀਂ।

ਜੀ ਖ਼ਾਨ ਅਤੇ ਦਿ ਗ੍ਰੇਟ ਖਲੀ ਨੇ ਵੀ ਦਿੱਤਾ ਸਮਰਥਨ

ਗਾਇਕ ਜੀ ਖ਼ਾਨ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਚਲਾਈ ਜਾ ਰਹੀ ਇਨਸਾਫ਼ ਦੀ ਮੁਹਿੰਮ ਦਾ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ, ਸਾਬਕਾ ਡਬਲਯੂਡਬਲਯੂਈ ਪਹਿਲਵਾਨ ਦਿ ਗ੍ਰੇਟ ਖਲੀ ਨੇ ਵੀ ਇਸ ਮਾਮਲੇ ਵਿੱਚ ਆਪਣਾ ਸਮਰਥਨ ਜ਼ਾਹਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੀ ਮੁਹਿੰਮ ਨਾਲ ਜੁੜੀਆਂ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਕਲਾਕਾਰਾਂ ਤੋਂ ਇਲਾਵਾ ਕਈ ਕਿਸਾਨ ਜਥੇਬੰਦੀਆਂ ਵੀ ਇਨਸਾਫ਼ ਦੀ ਮੰਗ ਕਰ ਰਹੀਆਂ ਹਨ। ਇਸ ਮਾਮਲੇ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੀ ਚਰਚਾ ਨੂੰ ਹੋਰ ਤੇਜ਼ ਕੀਤਾ ਹੈ।

Leave a Comment