ਲੁਧਿਆਣਾ :- ਲੁਧਿਆਣਾ ਦੇ ਰਾਏਕੋਟ ਇਲਾਕੇ ਵਿੱਚ ਧਾਰਮਿਕ ਸਥਾਨ ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਰਾਜੋਵਾਨਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿੱਚ ਬੁੱਧਵਾਰ ਤੜਕੇ ਦੋ ਨਕਾਬਪੋਸ਼ ਵਿਅਕਤੀਆਂ ਨੇ ਦਾਖ਼ਲ ਹੋ ਕੇ ਬਾਬਾ ਬਲਦੇਵ ਸਿੰਘ ਦੇ ਕਮਰੇ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਦਰਵਾਜ਼ੇ ਅਤੇ ਕੰਧ ਤੇ ਲੱਗੀਆਂ, ਜਦਕਿ ਇੱਕ ਗੋਲੀ ਦਰਵਾਜ਼ੇ ਵਿੱਚ ਲੱਗੇ ਸ਼ੀਸ਼ੇ ਨੂੰ ਪਾਰ ਕਰ ਗਈ। ਘਟਨਾ ਸਮੇਂ ਬਾਬਾ ਬਲਦੇਵ ਸਿੰਘ ਕਮਰੇ ਵਿੱਚ ਮੌਜੂਦ ਨਹੀਂ ਸਨ, ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਜਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਗਗੜਾ ਦੇ ਗੁਰਦੁਆਰਾ ਗੋਪਾਲਸਰ ਦੇ ਗੇਟ ਤੇ ਹੋਈ ਫਾਇਰਿੰਗ ਤੋਂ ਬਾਅਦ ਇਹ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਇਲਾਕੇ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧੀ ਹੈ। ਗੁਰਦੁਆਰਾ ਸਾਹਿਬ ਵਿੱਚ ਤੜਕੇ ਹੋਈ ਫਾਇਰਿੰਗ ਤੋਂ ਬਾਅਦ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ :- ਲੁਧਿਆਣਾ ’ਚ ਗੁਰਦੁਆਰਾ ਸਾਹਿਬ ਦੇ ਗੇਟ ਤੇ ਗੋਲੀਬਾਰੀ, 2 ਬੰਦਿਆ ਨੂੰ ਧਮਕੀ ਭਰੀ ਚਿੱਠੀ
ਮੁੱਢਲੀ ਜਾਣਕਾਰੀ ਅਨੁਸਾਰ, ਬੁੱਧਵਾਰ ਸਵੇਰੇ ਕਰੀਬ 3 ਵਜੇ ਦੋ ਨਕਾਬਪੋਸ਼ ਵਿਅਕਤੀ ਗੁਰਦੁਆਰਾ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋਏ। ਦੋਵਾਂ ਨੇ ਆਪਣੇ ਚਿਹਰੇ ਕੱਪੜਿਆਂ ਨਾਲ ਢਕੇ ਹੋਏ ਸਨ। ਗੁਰਦੁਆਰਾ ਕੰਪਲੈਕਸ ਵਿੱਚ ਪਹੁੰਚਣ ਮਗਰੋਂ ਉਨ੍ਹਾਂ ਨੇ ਪਿਸਤੌਲ ਕੱਢ ਕੇ ਬਾਬਾ ਬਲਦੇਵ ਸਿੰਘ ਦੇ ਕਮਰੇ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਫਾਇਰਿੰਗ ਦੌਰਾਨ ਗੋਲੀਆਂ ਕਮਰੇ ਦੇ ਦਰਵਾਜ਼ੇ ਅਤੇ ਕੰਧ ’ਤੇ ਲੱਗੀਆਂ। ਇੱਕ ਗੋਲੀ ਦਰਵਾਜ਼ੇ ਵਿੱਚ ਲੱਗੇ ਸ਼ੀਸ਼ੇ ਨੂੰ ਚੀਰਦੀ ਹੋਈ ਪਾਰ ਲੰਘ ਗਈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਸਮੇਂ ਬਾਬਾ ਬਲਦੇਵ ਸਿੰਘ ਆਪਣੇ ਰੋਜ਼ਾਨਾ ਦੇ ਕੰਮ ਅਨੁਸਾਰ ਇਸ਼ਨਾਨ ਕਰਨ ਲਈ ਗਏ ਹੋਏ ਸਨ। ਇਸ ਕਾਰਨ ਉਹ ਹਮਲੇ ਦੀ ਲਪੇਟ ਵਿੱਚ ਆਉਣ ਤੋਂ ਬਚ ਗਏ।
ਥਾਣਾ ਸੁਧਾਰ ਦੀ ਪੁਲਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸੁਧਾਰ ਦੀ ਪੁਲਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਥਾਣਾ ਸੁਧਾਰ ਦੇ ਐੱਸਐੱਚਓ ਰਾਜਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਗੁਰਦੁਆਰਾ ਸਾਹਿਬ ਅਤੇ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।