ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ, ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਨੇ ਦੱਸਿਆ ਛਵੀ ਖ਼ਰਾਬ ਕਰਨ ਦੀ ਸਾਜ਼ਿਸ਼; 2022 ਤੋਂ ਰੰਜਿਸ਼ ਰੱਖਣ ਵਾਲੇ ਵਿਅਕਤੀ ਤੇ ਜਤਾਇਆ ਸ਼ੱਕ
ਮੋਹਾਲੀ :- ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਕਿਸੇ ਵਿਅਕਤੀ ਦੀ ਜਾਅਲੀ ਅਸ਼ਲੀਲ ਵੀਡੀਓ ਤਿਆਰ ਕਰਨ ਅਤੇ ਉਸ ਨੂੰ ਸੋਸ਼ਲ ਮੀਡੀਆ ਤੇ ਫੈਲਾਉਣ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਰਹਿੰਦੇ ਹਨ।
ਇਸ ਵਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨਿਸ਼ਾਨੇ ਤੇ ਹਨ। ਗੁਰਚਰਨ ਸਿੰਘ ਨੇ ਇਸ ਸਬੰਧੀ ਮੋਹਾਲੀ ਸਾਈਬਰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ AI ਦੀ ਮਦਦ ਨਾਲ ਤਿਆਰ ਕੀਤੀ ਗਈ ਜਾਅਲੀ ਵੀਡੀਓ ਨੂੰ ਵਾਇਰਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਗੁਰਚਰਨ ਸਿੰਘ , ਹਵਾਰਾ ਦੇ ਧਰਮੀ ਪਿਤਾ ਹਨ, ਓਨ੍ਹਾਂ ਦੇ ਸਕੇ ਪਿਤਾ ਦਾ ਨਾਮ ਸ਼ੇਰ ਸਿੰਘ ਹੈ, ਜੋ ਦੁਨੀਆਂ ਛੱਡ ਚੁੱਕੇ ਹਨ।
ਸ਼ਿਕਾਇਤ ਮਿਲਣ ਤੋਂ ਬਾਅਦ ਮੋਹਾਲੀ ਸਾਈਬਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਚਰਨ ਸਿੰਘ ਨੇ ਪੁਲਸ ਤੋਂ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ਤੋਂ ਹਟਵਾਉਣ ਅਤੇ ਇਸ ਨੂੰ ਤਿਆਰ ਕਰਨ ਤੇ ਫੈਲਾਉਣ ਵਾਲਿਆਂ ਦੀ ਪਛਾਣ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ :- ਜਗਤਾਰ ਸਿੰਘ ਹਵਾਰਾ ਨੂੰ ਨਹੀਂ ਮਿਲੀ ਪੈਰੋਲ, 19 ਨਵੰਬਰ ਨੂੰ ਅਗਲੀ ਸੁਣਵਾਈ
2022 ਤੋਂ ਰੰਜਿਸ਼ ਰੱਖਣ ਵਾਲੇ ਵਿਅਕਤੀ ਤੇ ਸ਼ੱਕ
ਗੁਰਚਰਨ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਵਿਅਕਤੀ ਤੇ ਵੀ ਸ਼ੱਕ ਜਤਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਹ ਵਿਅਕਤੀ ਸਾਲ 2022 ਤੋਂ ਉਨ੍ਹਾਂ ਨਾਲ ਈਰਖਾ ਰੱਖਦਾ ਹੈ ਅਤੇ ਸੋਸ਼ਲ ਮੀਡੀਆ ਤੇ ਉਨ੍ਹਾਂ ਵਿਰੁੱਧ ਗ਼ਲਤ ਪੋਸਟਾਂ ਪਾਉਂਦਾ ਆ ਰਿਹਾ ਹੈ।
ਗੁਰਚਰਨ ਸਿੰਘ ਨੇ ਸ਼ੱਕ ਪ੍ਰਗਟਾਇਆ ਹੈ ਕਿ ਉਨ੍ਹਾਂ ਦੀ ਜਾਅਲੀ ਅਸ਼ਲੀਲ ਵੀਡੀਓ ਤਿਆਰ ਕਰਨ ਅਤੇ ਉਸ ਨੂੰ ਫੈਲਾਉਣ ਪਿੱਛੇ ਵੀ ਇਸੇ ਵਿਅਕਤੀ ਦਾ ਹੱਥ ਹੋ ਸਕਦਾ ਹੈ। ਹਾਲਾਂਕਿ ਇਸ ਸ਼ੱਕ ਦੀ ਅਜੇ ਪੁਲਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਹੀ ਇਸ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ।
ਗੁਰਚਰਨ ਸਿੰਘ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਜਾਅਲੀ ਵੀਡੀਓ ਨੂੰ ਸਾਰੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਵਾਇਆ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ਤੇ ਯੂਟਿਊਬ ਤੇ ਮੌਜੂਦ ਵੀਡੀਓ ਨੂੰ ਹਟਾਉਣ ਦੀ ਮੰਗ ਕੀਤੀ ਹੈ।
7 ਜਨਵਰੀ 2023 ਤੋਂ ਮੋਹਾਲੀ ਵਿੱਚ ਮੋਰਚੇ ਦੀ ਕਰ ਰਹੇ ਅਗਵਾਈ
ਗੁਰਚਰਨ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ 7 ਜਨਵਰੀ 2023 ਤੋਂ ਮੋਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਹਨ। ਇਹ ਮੋਰਚਾ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਸਿੱਖਾਂ ਨਾਲ ਸਬੰਧਤ ਹੋਰ ਮੁੱਦਿਆਂ ਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੁਝ ਲੋਕ ਲਗਾਤਾਰ ਮੋਰਚੇ ਦੀ ਸਮਾਜਿਕ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਮੁਤਾਬਕ ਉਨ੍ਹਾਂ ਦੀ ਜਾਅਲੀ ਵੀਡੀਓ ਵੀ ਇਸੇ ਤਰ੍ਹਾਂ ਦੀ ਕੋਸ਼ਿਸ਼ ਦਾ ਹਿੱਸਾ ਹੈ।
ਮੋਹਾਲੀ ਸਾਈਬਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 294, 352 ਅਤੇ 356(3) ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਤਹਿਤ ਕੇਸ ਦਰਜ ਕੀਤਾ ਹੈ।
ਪੁਲਸ ਵੱਲੋਂ ਹੁਣ ਇਸ ਵੀਡੀਓ ਦੇ ਸਰੋਤ, ਇਸ ਨੂੰ ਸੋਸ਼ਲ ਮੀਡੀਆ ਤੇ ਅਪਲੋਡ ਕਰਨ ਵਾਲੇ ਖਾਤਿਆਂ ਅਤੇ ਅੱਗੇ ਸਾਂਝਾ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।