Breaking – LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, PG ਦੇ ਕਮਰੇ ’ਚੋਂ ਮਿਲੀ ਲਾਸ਼

ਯੂਪੀ ਦੇ ਵਾਰਾਣਸੀ ਦਾ ਰਹਿਣ ਵਾਲਾ ਸੀ ਵਿਦਿਆਰਥੀ, ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਪੀਜੀ ’ਚ ਆਇਆ ਸੀ ਰਹਿਣ

ਕਰਨਵੀਰ ਸਿੰਘ :- ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ 21 ਸਾਲਾ ਵਿਦਿਆਰਥੀ ਦੀ ਮੌਤ ਦੇ ਮਾਮਲੇ ਦੀ ਸੂਚਨਾ ਪ੍ਰਾਪਤ ਹੋਈ ਹੈ।
ਵਿਦਿਆਰਥੀ ਦੀ ਲਾਸ਼ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਦੇ ਇੱਕ ਨਿੱਜੀ ਪੀਜੀ ਦੇ ਕਮਰੇ ਵਿੱਚੋਂ ਮਿਲੀ।
ਸੂਚਨਾ ਮਿਲਣ ਤੇ ਸਥਾਨਕ ਪੁਲਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਚੰਦਾਪੁਰ ਪਿੰਡ ਦਾ ਰਹਿਣ ਵਾਲਾ ਸੀ।

ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਨਿੱਜੀ ਪੀਜੀ ਵਿੱਚ 21 ਸਾਲਾ ਅਭਿਸ਼ੇਕ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸਦੀ ਲਾਸ਼ ਆਪਣੇ ਕਮਰੇ ਵਿੱਚੋਂ ਪੱਖੇ ਨਾਲ ਲਟਕਦੀ ਮਿਲੀ।
ਮੁੱਢਲੀ ਜਾਣਕਾਰੀ ਅਨੁਸਾਰ, ਅਭਿਸ਼ੇਕ ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਪੀਜੀ ਵਿੱਚ ਸ਼ਿਫਟ ਹੋਇਆ ਸੀ।
10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਕਮਰੇ ਵਿੱਚ ਮ੍ਰਿਤਕ ਮਿਲਿਆ।

ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜੀ

ਸੂਚਨਾ ਮਿਲਣ ਤੇ ਸਤਨਾਮਪੁਰਾ ਥਾਣੇ ਦੀ ਪੁਲਸ ਟੀਮ ਮੌਕੇ ਤੇ ਪਹੁੰਚੀ ਤੇ ਕਮਰੇ ਦੀ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਫਿਲਹਾਲ ਵਿਦਿਆਰਥੀ ਦੇ ਦੋਸਤਾਂ ਅਤੇ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਮੌਤ ਦੇ ਕਾਰਨਾਂ ਦੀ ਜਾਂਚ ਜਾਰੀ

ਪੁਲਸ ਅਨੁਸਾਰ, ਵਿਦਿਆਰਥੀ ਮਾਨਸਿਕ ਤਣਾਅ ਵਿਚ ਸੀ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਮਿਲਣ ਬਾਰੇ ਪੁਲਸ ਨੇ ਅਜੇ ਤੱਕ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਤੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੇ ਮਹੀਨੇ ਵੀ LPU ਵਿੱਚ ਹੋਇਆ ਸੀ ਹੰਗਾਮਾ

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ LPU ਵਿਵਾਦਾਂ ਦੇ ਘੇਰੇ ਵਿਚ ਰਹੀ ਸੀ। ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਸੂਚਨਾ ਤੋਂ ਬਾਅਦ ਯੂਨੀਵਰਸਿਟੀ ਵਿੱਚ ਹੰਗਾਮਾ ਹੋਇਆ ਸੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਭੰਨਤੋੜ ਕੀਤੇ ਜਾਣ ਅਤੇ ਯੂਨੀਮਾਲ ਵਿੱਚ ਲੁੱਟਮਾਰ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ। ਇਸ ਮਾਮਲੇ ਵਿੱਚ ਪੁਲਸ ਵੱਲੋਂ ਕਈ ਵਿਦਿਆਰਥੀਆਂ ਅਤੇ ਬਾਹਰੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਸੀ।

Leave a Comment