ਫਗਵਾੜਾ :- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਡੀਜੀਪੀ ਪੰਜਾਬ ਗੌਰਵ ਯਾਦਵ ਸੋਮਵਾਰ ਨੂੰ ਫਗਵਾੜਾ ਸਥਿਤ ਯੂਨੀਵਰਸਿਟੀ ਪਹੁੰਚੇ। ਉਨ੍ਹਾਂ ਨੇ ਗਰਾਊਂਡ ਪੱਧਰ ’ਤੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡੀਜੀਪੀ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨੇ ਕਾਨੂੰਨ ਆਪਣੇ ਹੱਥ ਵਿੱਚ ਲਿਆ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ। ਉਨ੍ਹਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਖੁਦ ਮੌਕੇ ’ਤੇ ਪਹੁੰਚ ਕੇ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ LPU ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਿਡ-ਟਰਮ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਵੱਲੋਂ ਘਰ ਜਾਣ ਦੇ ਇੱਛੁਕ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਨਾਲ ਜਾਣ ਦੀ ਸਲਾਹ ਦਿੱਤੀ ਗਈ ਹੈ। ਜਿਹੜੇ ਵਿਦਿਆਰਥੀ ਕੈਂਪਸ ਵਿੱਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਹੋਸਟਲ ਤੋਂ ਬਾਹਰ ਨਾ ਨਿਕਲਣ ਅਤੇ ਲੋੜ ਪੈਣ ’ਤੇ ਹੀ ਬਾਹਰ ਜਾਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਐਤਵਾਰ ਸਵੇਰੇ 6 ਵਜੇ ਤੋਂ ਕਰੀਬ 18 ਘੰਟਿਆਂ ਤੱਕ ਬੰਦ ਰਿਹਾ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਵੀ ਅੱਧੀ ਰਾਤ ਦੇ ਕਰੀਬ ਮੁੜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਇਸ ਤੋਂ ਬਾਅਦ ਹਾਈਵੇਅ ’ਤੇ ਆਵਾਜਾਈ ਬਹਾਲ ਹੋ ਗਈ।