LPU ਹਿੰਸਾ ਮਾਮਲਾ: ਮਹਿਲਾ ਕਮਿਸ਼ਨ ਨੇ ਮੰਗੀ FIR ਤੇ ਜਾਂਚ ਰਿਪੋਰਟ, ਭਗਵੰਤ ਮਾਨ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

LPU ਹਿੰਸਾ ਮਗਰੋਂ ਕੈਂਪਸ ’ਚ ਇੰਟਰਨੈੱਟ ਬੰਦ, ਯੂਨੀਵਰਸਿਟੀ 10 ਦਿਨਾਂ ਲਈ ਬੰਦ; ਮਿਡ-ਟਰਮ ਪ੍ਰੀਖਿਆਵਾਂ ਰੱਦ


ਫਗਵਾੜਾ :- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਕੈਂਪਸ ਵਿੱਚ ਇੰਟਰਨੈੱਟ ਸੇਵਾਵਾਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਹ ਫੈਸਲਾ ਕੈਂਪਸ ਨਾਲ ਸਬੰਧਤ ਭੜਕਾਊ ਵੀਡੀਓਜ਼ ਦੇ ਪ੍ਰਸਾਰ ਨੂੰ ਰੋਕਣ ਅਤੇ ਮਾਹੌਲ ਨੂੰ ਹੋਰ ਤਣਾਅਪੂਰਨ ਹੋਣ ਤੋਂ ਬਚਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।

ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਤੋਂ ਮਾਮਲੇ ਨਾਲ ਸਬੰਧਤ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਐੱਫਆਈਆਰ ਦੀ ਕਾਪੀ, ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਦੇ ਵੇਰਵੇ ਅਤੇ ਹੁਣ ਤੱਕ ਕੀਤੀ ਗਈ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਮੰਗੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਕੁੜੀਆਂ ਦੇ ਹੋਸਟਲ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਗਏ ਮੌਜੂਦਾ ਪ੍ਰਬੰਧਾਂ ਬਾਰੇ ਵੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਘਟਨਾ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਯੂਨੀਵਰਸਿਟੀ ਦਾ ਦੌਰਾ ਕਰਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਘਟਨਾਕ੍ਰਮ ਬਾਰੇ ਜਾਣਕਾਰੀ ਲਈ।

ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਪ੍ਰਬੰਧਨ ਨੇ ਘਰ ਜਾਣ ਦੇ ਇੱਛੁਕ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਕਈ ਵਿਦਿਆਰਥੀ ਕੈਂਪਸ ਛੱਡ ਕੇ ਆਪਣੇ ਘਰਾਂ ਨੂੰ ਰਵਾਨਾ ਹੋ ਰਹੇ ਹਨ। ਇਸੇ ਦੌਰਾਨ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

Leave a Comment