ਅੰਮ੍ਰਿਤਸਰ :- ਗੁਰੂ ਹਰਗੋਬਿੰਦ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਿੰਨ ਪੜਾਅ ਪੂਰੇ ਕਰਦਿਆਂ ਦੇਰ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਮੀਰੀ-ਪੀਰੀ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚੋਂ ਲੰਘਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਅਕਾਲ ਤਖ਼ਤ ਸਾਹਿਬ ਵਿਖੇ ਮਾਰਚ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਰਚ ਵਿੱਚ ਸਹਿਯੋਗ ਦੇਣ ਵਾਲੀਆਂ ਸੰਗਤਾਂ, ਧਾਰਮਿਕ ਸੰਸਥਾਵਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਰਚ ਦਾ ਮੰਤਵ ਨੌਜਵਾਨਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨਾ ਅਤੇ ਪੰਥਕ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
