ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੇ ਫਲੈਕਸਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ, ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਮੰਗੀ ਕਾਰਵਾਈ ਦੀ ਰਿਪੋਰਟ
ਕਰਨਵੀਰ ਸਿੰਘ :- ਪੰਜਾਬ ਵਿੱਚ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ਤੇ ਲੱਗੇ ਸਿਆਸੀ ਪਾਰਟੀਆਂ ਦੇ ਫਲੈਕਸ ਤੇ ਪੋਸਟਰ ਲਗਾਉਣ ਦਾ ਮਾਮਲਾ ਹੁਣ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਨਾਂ ਦਾ ਜ਼ਿਕਰ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਪੱਤਰ ਭੇਜ ਕੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
9 ਅਕਤੂਬਰ ਨੂੰ ਦਿੱਤੀ ਗਈ ਸੀ ਸ਼ਿਕਾਇਤ
ਪੱਤਰ ਅਨੁਸਾਰ, ਜਨ ਜਨਵਾਦੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ‘ਜਾਗਦੇ ਰਹੋ’ ਵੱਲੋਂ 9 ਅਕਤੂਬਰ 2026 ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਸ਼ਿਕਾਇਤ ਦੀ ਕਾਪੀ ਸਬੰਧਤ ਅਧਿਕਾਰੀਆਂ ਨੂੰ ਭੇਜਦਿਆਂ ਮਾਮਲੇ ਵਿੱਚ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ।
ਪੱਤਰ ਵਿੱਚ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਿਕਾਇਤ ਤੇ ਬਣਦੀ ਕਾਰਵਾਈ ਕੀਤੀ ਜਾਵੇ ਤੇ ਇਸ ਦੇ ਨਾਲ ਹੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਸ਼ਿਕਾਇਤਕਰਤਾ ਨੂੰ ਭੇਜਣ ਅਤੇ ਇਸ ਦੀ ਇੱਕ ਕਾਪੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੂੰ ਵੀ ਭੇਜਣ ਲਈ ਕਿਹਾ ਗਿਆ ਹੈ।
ਹਾਲਾਂਕਿ ਕਾਪੀ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਸ਼ਿਕਾਇਤ ਵਿੱਚ ਦਰਜ ਫਲੈਕਸ ਕਿਹੜੇ ਖ਼ਾਸ ਸਥਾਨਾਂ ਤੇ ਲੱਗੇ ਹੋਏ ਹਨ।