Breaking – ਪੰਜਾਬ ‘ਚ ASI ਦੀ ਗੋਲੀ ਮਾਰਕੇ ਹੱਤਿਆ!

ਕਰਨਵੀਰ ਸਿੰਘ :- ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਪੰਜਾਬ ਪੁਲਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ASI ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਤੇ ASI ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ASI ਫਿਰੋਜ਼ਪੁਰ ਵਿੱਚ ਤਾਇਨਾਤ ਸਨ

ਮ੍ਰਿਤਕ ਦੀ ਪਛਾਣ 55 ਸਾਲਾ ਇਕਬਾਲ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਨ ਅਤੇ ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਨ।
ਮੁੱਢਲੀ ਜਾਣਕਾਰੀ ਅਨੁਸਾਰ, ਉਹ ਐਤਵਾਰ ਸ਼ਾਮ ਕਰੀਬ 7:30 ਵਜੇ ਡਿਊਟੀ ਪੂਰੀ ਕਰਨ ਤੋਂ ਬਾਅਦ ਮੋਟਰਸਾਈਕਲ ਤੇ ਘਰ ਜਾ ਰਹੇ ਸਨ, ਜਿਸ ਦੋਰਾਨ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

ਪਟਵਾਰਖਾਨੇ ਨੇੜੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਨੌਸ਼ਹਿਰਾ ਤੋਂ ਲੋਹਕਾ ਰੋਡ ਤੇ ਸਥਿਤ ਪਟਵਾਰਖਾਨੇ ਨੇੜੇ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਹਨੇਰੇ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਸ ਵੱਲੋਂ ਜਾਂਚ ਸ਼ੁਰੂ, CCTV ਫੁਟੇਜ ਖੰਗਾਲੀ ਜਾ ਰਹੀ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ। ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਘਟਨਾ ਵਾਲੀ ਥਾਂ ਨੂੰ ਸੁਰੱਖਿਅਤ ਕਰਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਹਾਲੇ ਤੱਕ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਅਤੇ ਰਸਤਿਆਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Leave a Comment