ਅੰਮ੍ਰਿਤਸਰ :- ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਨਾਲ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਸੂਬੇ ਦੇ ਕੁਝ ਇਲਾਕਿਆਂ ਵਿੱਚ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, 16 ਨਵੰਬਰ ਤੋਂ ਮੌਸਮ ਦੇ ਮੁੜ ਖੁਸ਼ਕ ਹੋਣ ਦੀ ਉਮੀਦ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਮੌਸਮ ਦੇ ਆਮ ਪੱਧਰ ਨਾਲੋਂ 2.1 ਡਿਗਰੀ ਸੈਲਸੀਅਸ ਉੱਪਰ ਰਿਹਾ।
ਸੂਬੇ ਵਿੱਚ ਸਭ ਤੋਂ ਵੱਧ ਗਰਮੀ ਫ਼ਰੀਦਕੋਟ ਵਿੱਚ ਦਰਜ ਕੀਤੀ ਗਈ, ਜਿੱਥੇ ਵੱਧ ਤੋਂ ਵੱਧ ਤਾਪਮਾਨ 31.9 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸ਼ਨਿਚਰਵਾਰ ਅਤੇ ਐਤਵਾਰ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਰਹੇਗੀ, ਜਦਕਿ ਇਸ ਤੋਂ ਬਾਅਦ ਮੌਸਮ ਵਿੱਚ ਕਿਸੇ ਵੱਡੀ ਤਬਦੀਲੀ ਦੀ ਉਮੀਦ ਨਹੀਂ ਹੈ।