ਪੰਜਾਬ ’ਚ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦੇ ਸੰਕੇਤ?

ਚੰਡੀਗੜ੍ਹ :- ਪੰਜਾਬ (Punjab) ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਸਿਆਸੀ ਰਣਨੀਤੀ ਨੂੰ ਲੈ ਕੇ ਅਹਿਮ ਸੰਕੇਤ ਸਾਹਮਣੇ ਆਏ ਹਨ। ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਸੋਮਵਾਰ ਨੂੰ ਰਾਹੁਲ ਗਾਂਧੀ (Rahul gandhi) ਨੂੰ ਪੰਜਾਬ ਵਿੱਚ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕਰਨ ਬਾਰੇ ਅਹਿਮ ਬਿਆਨ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਪਹੁੰਚ ਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਮੁਹਿੰਮ ਵੱਡੇ ਪੱਧਰ ਤੇ ਸ਼ੁਰੂ ਕਰਨਗੇ। ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਨਾਲ ਡੂੰਘਾ ਭਾਵਨਾਤਮਕ ਰਿਸ਼ਤਾ ਹੈ ਅਤੇ ਪੰਜਾਬ ਦੇ ਲੋਕ ਵੀ ਉਨ੍ਹਾਂ ਨਾਲ ਖ਼ਾਸ ਲਗਾਅ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਪਾਰਟੀ ਹੈ, ਜਿੱਥੇ ਸਾਰੇ ਆਗੂਆਂ ਅਤੇ ਵਰਕਰਾਂ ਦੇ ਵਿਚਾਰਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ।

ਪੰਜਾਬ ਕਾਂਗਰਸ ਸਰਗਰਮ

2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੇ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਚੋਣ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਲਈ ਸੋਮਵਾਰ ਨੂੰ ਕੁੱਲ ਚਾਰ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਚੋਣ ਰਣਨੀਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਮਹੀਨਿਆਂ ਦੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਵੇਣੂਗੋਪਾਲ ਦੇ ਇਸ ਬਿਆਨ ਨੂੰ ਪੰਜਾਬ ਵਿੱਚ ਕਾਂਗਰਸ ਦੀ ਅਗਲੀ ਚੋਣ ਰਣਨੀਤੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਰਸਮੀ ਤੌਰ ਤੇ ਐਲਾਨਣ ਬਾਰੇ ਪਾਰਟੀ ਦੇ ਸਪੱਸ਼ਟ ਫ਼ੈਸਲੇ ਦੀ ਪੁਸ਼ਟੀ ਨਹੀਂ ਹੋਈ।

ਇਹ ਸਭ ਸੰਕੇਤ ਕਾਂਗਰਸ ਨੇ ਪ੍ਰੈਸ ਵਾਰਤਾ ਦੌਰਾਨ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੇ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ।

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸੰਬੋਧਨ ਕਰਦੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਉਤਰੇਗੀ। ਉਨ੍ਹਾਂ ਦੱਸਿਆ ਕਿ ਕੇ. ਸੀ. ਵੇਣੂਗੋਪਾਲ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਵਿੱਚ ਦਿਨ ਭਰ ਚੋਣ ਤਿਆਰੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ। ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਬਦਲਾਅ ਵਾਲੀ ਨਹਿਰ, ਠਹਿਰਾਵ ਵਾਲੀ ਸਰਕਾਰ ਲਿਆਵਾਂਗੇ – ਚੰਨੀ

4 ਨਵੰਬਰ ਨੂੰ ਸੰਗਰੂਰ ਤੋਂ 2027 ਦੀਆਂ ਚੋਣਾਂ ਦੀ ਮੁਹਿੰਮ ਸ਼ੁਰੂ ਕਰਨਗੇ ਰਾਹੁਲ ਗਾਂਧੀ

ਚਰਨਜੀਤ ਸਿੰਘ ਚੰਨੀ ਨੇ 4 ਨਵੰਬਰ ਨੂੰ ਪੰਜਾਬ ਦੇ ਮੋਗਾ ਜਿਲ੍ਹੇ ਵਿਖੇ ਹੋਣ ਜਾ ਰਹੀ ਹਿਸਾਬ ਮੰਗੋ ਰੈਲੀ ਨੂੰ ਲੈਕੇ ਵੀ ਵੱਡਾ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਇਸ ਵਿਸ਼ਾਲ ਰੈਲੀ ਵਿੱਚ ਪੰਜਾਬ ਪਹੁੰਚ ਰਹੇ ਹਨ। ਚੰਨੀ ਨੇ ਕਿਹਾ ਕਿ ਉਸ ਦਿਨ ਤੋਂ ਹੀ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਦੀ ਮੁਹਿੰਮ ਦੀ ਸ਼ੁਰੂਆਤ ਹੋਏਗੀ। ਚੰਨੀ ਨੇ ਕਿਹਾ ਕਿ ਪੰਜਾਬ ‘ਚ ਹੁਣ ਬਦਲਾਵ ਵਾਲੀ ਨਹੀਂ ਠਹਿਰਾਵ ਵਾਲੀ ਸਰਕਾਰ ਬਣਾਵਾਂਗੇ ।

ਇਹ ਵੀ ਪੜ੍ਹੋ :- ਪੰਜਾਬ ਦੇ ਵੋਟਰਾਂ ਲਈ ਅਹਿਮ ਖ਼ਬਰ, ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ

ਨਸ਼ਿਆਂ ਦੇ ਮੁੱਦੇ ਤੇ ਅਮਿਤ ਸ਼ਾਹ ਨੂੰ ਘੇਰਿਆ

ਕੇ. ਸੀ. ਵੇਣੂਗੋਪਾਲ ਨੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਦਸੰਬਰ 2029 ਤੱਕ ਦੇਸ਼ ਵਿੱਚੋਂ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਾਅਵੇ ਨੂੰ ‘ਬਹੁਤ ਵੱਡਾ ਮਜ਼ਾਕ’ ਕਰਾਰ ਦਿੱਤਾ।

ਵੇਣੂਗੋਪਾਲ ਨੇ ਸਵਾਲ ਉਠਾਇਆ ਕਿ ਜੇ ਭਾਜਪਾ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਇੰਨੀ ਗੰਭੀਰ ਹੈ ਤਾਂ ਗੁਜਰਾਤ ਵਿੱਚ ਲੰਬੇ ਸਮੇਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਉੱਥੇ ਨਸ਼ਿਆਂ ਦੀ ਸਮੱਸਿਆ ਕਿਉਂ ਖ਼ਤਮ ਨਹੀਂ ਹੋਈ। ਉਨ੍ਹਾਂ ਕੇਂਦਰ ਵਿੱਚ ਪਿਛਲੇ 13-14 ਸਾਲਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਦੇਸ਼ ਦੀਆਂ ਸਰਹੱਦਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਵੀ ਲਾਏ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ, ਪਰ ਭਾਜਪਾ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਉਹ ਗੁਜਰਾਤ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਅਤੇ ਸਰਹੱਦਾਂ ਰਾਹੀਂ ਹੋਣ ਵਾਲੀ ਤਸਕਰੀ ਰੋਕਣ ਵਿੱਚ ਕਿੰਨੀ ਸਫ਼ਲ ਰਹੀ ਹੈ।

ਵੇਣੂਗੋਪਾਲ ਨੇ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਭਾਜਪਾ ’ਤੇ ਦੋਸ਼ ਲਾਇਆ ਕਿ ਜਿਨ੍ਹਾਂ ਸੂਬਿਆਂ ਵਿੱਚ ਉਸ ਦੀ ਸਰਕਾਰ ਹੈ, ਉੱਥੇ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਪੰਜਾਬ ਵਿੱਚ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

Leave a Comment